ਸਲਾਰੀਆ ਨੇ ਚੋਣ ਕਮਿਸ਼ਨ ਕੋਲੋਂ ਸੱਚ ਛੁਪਾਇਆ: ਮਨਪ੍ਰੀਤ

0
460

ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਦੋਸ਼ ਲਾਇਆ ਕਿ ਗੁਰਦਾਸਪੁਰ ਜ਼ਿਮਨੀ ਚੋਣ ਲੜ ਰਹੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਸਵਰਨ ਸਲਾਰੀਆ ਨੇ ਆਪਣੇ ਖ਼ਿਲਾਫ਼ ਦਰਜ ਇਕ ਮਾਮਲੇ ਦਾ ਜਨਤਕ ਖ਼ੁਲਾਸਾ ਨਹੀਂ ਕੀਤਾ ਹੈ ਤੇ ਸੱਚ ਲੁਕਾਉਣ ਦਾ ਯਤਨ ਕੀਤਾ ਹੈ। ਉਨ੍ਹਾਂ ਚੋਣ ਕਮਿਸ਼ਨ ਨੂੰ ਭਾਜਪਾ ਉਮੀਦਵਾਰ ਸਲਾਰੀਆ ਨੂੰ ਚੋਣ ਲੜਨ ਦੇ ਅਯੋਗ ਠਹਿਰਾਉਣ ਦੀ ਅਪੀਲ ਕੀਤੀ ਹੈ। ਉਹ ਅੱਜ ਇੱਥੇ ਭਗਵਾਨ ਵਾਲਮੀਕ ਪ੍ਰਕਾਸ਼ ਉਤਸਵ ਸਬੰਧੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਪੁੱਜੇ ਸਨ।
ਮੀਡੀਆ ਨਾਲ ਗੱਲਬਾਤ ਦੌਰਾਨ ਵਿੱਤ ਮੰਤਰੀ ਨੇ ਦਾਅਵਾ ਕੀਤਾ ਕਿ ਭਾਜਪਾ ਉਮੀਦਵਾਰ ਸਵਰਨ ਸਲਾਰੀਆ ਖ਼ਿਲਾਫ਼ ਮੁੰਬਈ ਪੁਲੀਸ ਵੱਲੋਂ ਔਰਤ ਨਾਲ ਛੇੜਛਾੜ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਸੀ, ਜਿਸ ਦਾ ਜ਼ਿਕਰ ਸਲਾਰੀਆ ਨੇ ਆਪਣੇ ਨਾਮਜ਼ਦਗੀ ਪੱਤਰ ਵਿੱਚ ਨਹੀਂ ਕੀਤਾ ਹੈ। ਉਨ੍ਹਾਂ ਆਖਿਆ ਕਿ ਸ੍ਰੀ ਸਲਾਰੀਆ ਨੇ ਮੁੰਬਈ ਪੁਲੀਸ ਵੱਲੋਂ ਉਸ ਖ਼ਿਲਾਫ਼ 15 ਦਸੰਬਰ 2014 ਨੂੰ ਦਰਜ ਕੀਤੇ ਕੇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਪੁਲੀਸ ਵੱਲੋਂ ਉਸ ਖ਼ਿਲਾਫ਼ ਆਈਪੀਸੀ ਦੀ ਧਾਰਾ 506 ਹੇਠ ਅਦਾਲਤ ਵਿੱਚ ਚਲਾਨ ਪੇਸ਼ ਕੀਤਾ ਜਾ ਚੁੱਕਾ ਹੈ, ਜਦੋਂਕਿ ਧਾਰਾ 376 ਅਤੇ 420 ਦੇ ਮਾਮਲੇ ਵਿੱਚ ਸ਼ਿਕਾਇਤਕਰਤਾ ਵੱਲੋਂ ਅਦਾਲਤ ਕੋਲ ਮਾਮਲੇ ਦੀ ਮੁੜ ਜਾਂਚ ਲਈ ਅਪੀਲ ਕੀਤੀ ਗਈ ਸੀ, ਜਿਸ ਨੂੰ ਸਲਾਰੀਆ ਦੀ ਅਪੀਲ ’ਤੇ ਅਦਾਲਤ ਨੇ ਰੋਕ ਦਿੱਤਾ ਸੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਧਾਰਾ 506 ਹੇਠ ਲੱਗੇ ਦੋਸ਼ ਅੱਜ ਵੀ ਕਾਇਮ ਹਨ। ਉਨ੍ਹਾਂ ਦੱਸਿਆ ਕਿ ਭਾਜਪਾ ਉਮੀਦਵਾਰ ਨੇ ਇਸ ਕੇਸ ਨੂੰ ਰੱਦ ਕਰਨ ਲਈ ਅਪੀਲ ਵੀ ਦਾਇਰ ਕੀਤੀ ਹੋਈ ਹੈ, ਜਿਸ ਦੀ ਅਗਲੀ ਸੁਣਵਾਈ 30 ਅਕਤੂਬਰ ਨੂੰ ਹੈ। ਦੂਜੇ ਪਾਸੇ, ਸਵਰਨ ਸਲਾਰੀਆ ਦੇ ਚੋਣ ਇੰਚਾਰਜ ਅਨਿਲ ਵਾਸੂਦੇਵਾ ਨੇ ਆਖਿਆ ਕਿ ਉਨ੍ਹਾਂ ਨੇ ਨਾਮਜ਼ਦਗੀ ਪੱਤਰ ਵਿਚ ਜੋ ਜ਼ਰੂਰੀ ਸੀ, ਉਹੀ ਦਰਜ ਕੀਤਾ ਹੈ। ਇਸ ਮੌਕੇ ਵਿੱਤ ਮੰਤਰੀ ਨੇ ਕਾਂਗਰਸੀ ਵਿਧਾਇਕ ਰਾਜ ਕੁਮਾਰ ਵੇਰਕਾ ਨਾਲ ਹਾਥੀ ਗੇਟ ਸਥਿਤ ਕੇਂਦਰੀ ਵਾਲਮੀਕ ਮੰਦਰ ਵਿੱਚ ਮੱਥਾ ਟੇਕਿਆ। ਉਨ੍ਹਾਂ ਆਖਿਆ ਕਿ ਕਾਂਗਰਸ ਸਰਕਾਰ ਵੱਲੋਂ ਵਾਲਮੀਕ ਸਮਾਜ ਨੂੰ ਹੋਰ ਸਹੂਲਤਾਂ ਦੇਣ ਦੇ ਯਤਨ ਕੀਤੇ ਜਾਣਗੇ। ਉਨ੍ਹਾਂ ਭਗਵਾਨ ਵਾਲਮੀਕ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੱਤੀ।

LEAVE A REPLY