ਤੇਲ ਕੀਮਤਾਂ: ਪੰਜਾਬ ਕਾਂਗਰਸ ਵੱਲੋਂ ਕੇਂਦਰ ਖ਼ਿਲਾਫ਼ ਰੋਸ ਵਿਖਾਵਾ

0
53
ਅੰਮ੍ਰਿਤਸਰ ਵਿੱਚ ਤੇਲ ਕੀਮਤਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਕਾਂਗਰਸੀ ਆਗੂ ਸੁਨੀਲ ਜਾਖੜ ਅਤੇ ਨਵਜੋਤ ਸਿੰਘ ਸਿੱਧੂ। -ਫੋਟੋ: ਵਿਸ਼ਾਲ ਕਮੁਾਰ

ਅੰਮ੍ਰਿਤਸਰ ਵਿੱਚ ਤੇਲ ਕੀਮਤਾਂ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦੇ ਹੋਏ ਕਾਂਗਰਸੀ ਆਗੂ ਸੁਨੀਲ ਜਾਖੜ ਅਤੇ ਨਵਜੋਤ ਸਿੰਘ ਸਿੱਧੂ।

ਅੰਮ੍ਰਿਤਸਰ, 31 ਮਈ  
ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਖ਼ਿਲਾਫ਼ ਅੱਜ ਇੱਥੇ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਕੇਂਦਰ ਸਰਕਾਰ ਵਿਰੁੱਧ ਰੋਸ ਵਿਖਾਵਾ ਕੀਤਾ ਗਿਆ। ਕਾਂਗਰਸ ਆਗੂਆਂ ਨੇ ਇਸ ਸਬੰਧੀ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਵੀ ਦਿੱਤਾ। ਇਸ ਧਰਨੇ ਵਿੱਚ ਕਾਂਗਰਸੀ ਵਿਧਾਇਕ, ਮੇਅਰ, ਕੌਂਸਲਰ, ਜ਼ਿਲ੍ਹਾ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਸਮੇਤ ਵੱਡੀ ਗਿਣਤੀ ਵਿੱਚ ਕਾਰਕੁਨ ਸ਼ਾਮਲ ਹੋਏ। ਪ੍ਰਦਰਸ਼ਨਕਾਰੀ ਇਸ ਤੋਂ ਪਹਿਲਾਂ ਕਚਿਹਰੀ ਚੌਕ ਵਿੱਚ ਇਕੱਠੇ ਹੋਏ, ਜਿਥੇ ਉਨ੍ਹਾਂ ਪੈਟਰੋਲੀਅਮ ਪਦਾਰਥਾਂ ਦੀਆਂ ਵਧ ਰਹੀਆਂ ਕੀਮਤਾਂ ਖ਼ਿਲਾਫ਼ ਰੋਸ ਧਰਨਾ ਦਿੱਤਾ। ਇਸ ਕਾਰਨ ਕੁਝ ਸਮਾਂ ਆਵਾਜਾਈ ਵੀ ਪ੍ਰਭਾਵਿਤ ਹੋਈ। ਉਪਰੰਤ ਸ੍ਰੀ ਜਾਖੜ ਅਤੇ ਸ੍ਰੀ ਸਿੱਧੂ ਦੀ ਅਗਵਾਈ ਹੇਠ ਡਿਪਟੀ ਕਮਿਸ਼ਨਰ ਦੇ ਦਫਤਰ ਵੱਲ ਮਾਰਚ ਕੀਤਾ ਗਿਆ, ਜਿੱਥੇ ਮੰਗ ਪੱਤਰ ਦਿੱਤਾ ਗਿਆ।
ਇਸ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਸ੍ਰੀ ਸਿੱਧੂ ਨੇ ਦੋਸ਼ ਲਾਇਆ ਕਿ ਕੇਂਦਰ ਸਰਕਾਰ ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਹੋ ਰਹੇ ਨਿਰੰਤਰ ਵਾਧੇ ਨੂੰ ਰੋਕਣ ਵਿੱਚ ਅਸਫਲ ਸਾਬਤ ਹੋਈ ਹੈ। ਨਿਰੰਤਰ ਵਧ ਰਹੀਆਂ ਕੀਮਤਾਂ ਨੇ ਲੋਕਾਂ ਦੀਆਂ ਜੇਬਾਂ ’ਤੇ ਡਾਕਾ ਮਾਰਿਆ ਹੈ। ਇਸ ਵਾਧੇ ਨਾਲ ਸਬੰਧਤ ਸਾਰੀਆਂ ਹੀ ਵਸਤਾਂ ਦੀਆਂ ਕੀਮਤਾਂ ਵਧ ਗਈਆਂ ਹਨ। ਉਨ੍ਹਾਂ ਆਖਿਆ ਕਿ ਇਸ ਵੇਲੇ ਪੈਟਰੋਲ ਦੀ ਕੀਮਤ ਸੌ ਰੁਪਏ ਪ੍ਰਤੀ ਲਿਟਰ ਨੇੜੇ ਪੁੱਜ ਗਈ ਹੈ ਅਤੇ ਕੀਮਤ ਵਿੱਚ ਇੱਕ ਪੈਸਾ ਘੱਟ ਕਰਕੇ ਲੋਕਾਂ ਨਾਲ ਕੋਝਾ ਮਜ਼ਾਕ ਕੀਤਾ ਗਿਆ ਹੈ। ਕੇਂਦਰ ਸਰਕਾਰ ਮਹਿੰਗਾਈ ਨੂੰ ਨੱਥ ਪਾਉਣ ਦੇ ਆਪਣੇ ਵਾਅਦੇ ਤੋਂ ਭੱਜ ਗਈ ਹੈ। ਕਾਂਗਰਸ ਪ੍ਰਧਾਨ ਸ੍ਰੀ ਜਾਖੜ ਨੇ ਆਖਿਆ ਕਿ ਮੋਦੀ ਸਰਕਾਰ ਵੱਲੋਂ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਜਸ਼ਨ  ਮਨਾਏ ਜਾ ਰਹੇ ਹਨ ਪਰ ਇਸ ਵੇਲੇ ਤੇਲ ਦੀਆਂ ਕੀਮਤਾਂ ਨੇ ਲੋਕਾਂ ਦਾ ਜਿਊਣਾ ਮੁਹਾਲ ਕੀਤਾ ਹੋਇਆ ਹੈ। ਪੈਟਰੋਲੀਅਮ ਪਦਾਰਥਾਂ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ।
ਉਨ੍ਹਾਂ ਆਖਿਆ ਕਿ ਅੰਤਰ-ਰਾਸ਼ਟਰੀ ਮੰਡੀ ਵਿੱਚ ਤੇਲ ਦੀਆਂ ਕੀਮਤਾਂ ਡਿਗ ਰਹੀਆਂ ਹਨ ਪਰ ਮੋਦੀ ਸਰਕਾਰ ਨੇ ਐਕਸਾਈਜ਼ ਡਿਊਟੀ ਵਧਾ ਕੇ ਜਨਤਾ ’ਤੇ ਵਾਧੂ ਬੋਝ ਪਾਇਆ ਹੈ। ਪਿਛਲੇ ਚਾਰ ਸਾਲਾਂ ਵਿੱਚ 9 ਵਾਰ ਇਹ ਟੈਕਸ ਵਧਾਇਆ ਗਿਆ ਹੈ।
ਇਸ ਮੌਕੇ ਵਿਧਾਇਕ ਰਾਜ ਕੁਮਾਰ ਵੇਰਕਾ, ਇੰਦਰਬੀਰ ਸਿੰਘ ਬੁਲਾਰੀਆ, ਹਰਪ੍ਰਤਾਪ ਸਿੰਘ ਅਜਨਾਲਾ, ਸੁਨੀਲ ਦੱਤੀ, ਸੰਤੋਖ ਸਿੰਘ ਭਲਾਈਪੁਰ, ਸੁਖਵਿੰਦਰ ਸਿੰਘ ਡੈਨੀ ਬੁੰਡਾਲਾ ਤੋਂ ਇਲਾਵਾ ਮੇਅਰ ਕਰਮਜੀਤ ਸਿੰਘ ਰਿੰਟੂ, ਜ਼ਿਲਾ ਪ੍ਰਧਾਨ ਜੁਗਲ ਕਿਸ਼ੋਰ ਸ਼ਰਮਾ ਅਤੇ ਭਗਵੰਤਪਾਲ ਸਿੰਘ ਸੱਚਰ , ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਮਮਤਾ ਦੱਤਾ, ਵਿਕਾਸ ਸੋਨੀ ਤੇ ਹੋਰ ਕਾਂਗਰਸੀ ਆਗੂ ਹਾਜ਼ਰ ਸਨ।

LEAVE A REPLY