ਸਿੱਖ ਭਾਵਨਾਵਾਂ ਭੜਕਾ ਰਹੀ ਹੈ ਕਾਂਗਰਸ: ਪਾਸਲਾ

0
44

ਹੜ੍ਹ ਪੀੜਤਾਂ ਲਈ ਇਕੱਠੀ ਕੀਤੀ ਰਕਮ ਮੰਗਤ ਰਾਮ ਪਾਸਲਾ ਨੂੰ ਸੌਂਪਦੇ ਹੋਏ ਪਾਰਟੀ ਕਾਰਕੁਨ।

ਅੰਮ੍ਰਿਤਸਰ, 5 ਸਤੰਬਰ
ਰੈਵੋਲਿਊਸ਼ਨਰੀ ਮਾਰਕਸਿਸਟ ਪਾਰਟੀ (ਆਰਐਮਪੀਆਈ) ਦੇ ਕੌਮੀ ਜਨਰਲ ਸਕੱਤਰ ਮੰਗਤ ਰਾਮ ਪਾਸਲਾ ਨੇ ਆਖਿਆ ਕਿ ਕਾਂਗਰਸ ਸਰਕਾਰ ਸਿੱਖ ਭਾਵਨਾਵਾਂ ਭੜਕਾ ਕੇ ਅੱਗ ਨਾਲ ਖੇਡਣ ਦਾ ਯਤਨ ਕਰ ਰਹੀ ਹੈ, ਜਿਸ ਨਾਲ ਸੂਬੇ ਦੇ ਹਾਲਾਤ ਖ਼ਰਾਬ ਹੋ ਸਕਦੇ ਹਨ ਅਤੇ ਸ਼ਾਂਤੀ ਭੰਗ ਹੋਣ ਦਾ ਖ਼ਤਰਾ ਹੈ। ਉਹ ਇੱਥੇ ਪਾਰਟੀ ਵੱਲੋਂ ਕੇਰਲ ਦੇ ਹੜ੍ਹ ਪੀੜਤਾਂ ਲਈ ਇਕੱਠੀ ਕੀਤੀ ਸਹਾਇਤਾ ਰਾਸ਼ੀ ਦੇ ਸਬੰਧ ਵਿੱਚ ਆਏ ਸਨ।
ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਸਬੰਧੀ ਮੀਡੀਆ ਨਾਲ ਗੱਲ ਕਰਦਿਆਂ ਉਨ੍ਹਾਂ ਆਖਿਆ ਕਿ ਬੇਅਦਬੀ ਘਟਨਾਵਾਂ ਲਈ ਜੋ ਵੀ ਕੋਈ ਜ਼ਿੰਮੇਵਾਰ ਹੈ, ਉਸ ਖ਼ਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ। ਇਸੇ ਤਰ੍ਹਾਂ ਬਹਿਬਲ ਕਲਾਂ ਗੋਲੀ ਕਾਂਡ ਵਾਸਤੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਵੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਆਖਿਆ ਕਿ ਇਨ੍ਹਾਂ ਮਾਮਲਿਆਂ ਵਿੱਚ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਦੋਵਾਂ ਨੂੰ ਹੀ ਸਿੱਖ ਭਾਵਨਾਵਾਂ ਨੂੰ ਭੜਕਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਕਾਂਗਰਸ ਸਰਕਾਰ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਹਟਾਉਣ ਵਾਸਤੇ ਇਸ ਮੁੱਦੇ ਦਾ ਲਾਹਾ ਲੈਣਾ ਚਾਹੁੰਦੀ ਹੈ। ਇਸ ਵੇਲੇ ਸੂਬੇ ਵਿੱਚ ਨਸ਼ਿਆਂ ਦਾ ਬੋਲਬਾਲਾ ਹੈ ਅਤੇ ਬੇਰੁਜ਼ਗਾਰੀ ਸਿਖਰ ’ਤੇ ਹੈ। ਲੋਕ ਮੁੱਦਿਆਂ ਵੱਲ ਸਰਕਾਰ ਦਾ ਧਿਆਨ ਨਹੀਂ ਹੈ।
ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ’ਤੇ ਵੀ ਦੋਸ਼ ਲਾਇਆ ਕਿ ਇਸ ਪਾਰਟੀ ਨੇ ਸਿੱਖ ਸੰਸਥਾਵਾਂ ਨੂੰ ਹਮੇਸ਼ਾਂ ਹੀ ਆਪਣੇ ਸਿਆਸੀ ਹਿੱਤਾਂ ਲਈ ਵਰਤਿਆ ਹੈ, ਜਿਸ ਨਾਲ ਸਿੱਖ ਸੰਸਥਾਵਾਂ ਦਾ ਨੁਕਸਾਨ ਹੋਇਆ ਹੈ। ਖੱਬੇ-ਪੱਖੀ ਧਿਰਾਂ ਨਾਲ ਸਬੰਧਤ ਆਗੂਆਂ ਨੂੰ ਵੱਖ ਵੱਖ ਸੂਬਿਆਂ ਵਿੱਚੋਂ ਗ੍ਰਿਫ਼ਤਾਰ ਕੀਤੇ ਜਾਣ ’ਤੇ ਪ੍ਰਤੀਕਰਮ ਦਿੰਦਿਆਂ ਉਨ੍ਹਾਂ ਆਖਿਆ ਕਿ ਸਰਕਾਰ ਵਿਰੋਧੀ ਸੁਰਾਂ ਨੂੰ ਦਬਾਉਣ ਦਾ ਯਤਨ ਕਰ ਰਹੀ ਹੈ। ਉਨ੍ਹਾਂ ਆਖਿਆ ਕਿ ਜਮਹੂਰੀਅਤ ਵਿੱਚ ਹਰ ਕਿਸੇ ਨੂੰ ਆਪਣੀ ਗੱਲ ਕਹਿਣ ਦਾ ਹੱਕ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਦੀ ਇਹ ਨੀਤੀ ਲੋਕਾਂ ਦਾ ਧਿਆਨ ਅਸਲ ਮੁੱਦਿਆਂ ਤੋਂ ਹਟਾਉਣ ਵਾਲੀ ਹੈ। ਇਕ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਦੱਸਿਆ ਕਿ ਖੱਬੇ-ਪੱਖੀ ਧਿਰਾਂ ਇਕ ਮੰਚ ਤੋਂ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸਮਿਤੀ ਚੋਣਾਂ ਲੜਨਗੀਆਂ। ਇਸ ਤੋਂ ਪਹਿਲਾਂ ਉਨ੍ਹਾਂ ਜਥੇਬੰਦੀ ਦੇ ਸਥਾਨਕ ਆਗੂਆਂ ਨਾਲ ਮੀਟਿੰਗ ਵੀ ਕੀਤੀ ਅਤੇ ਸਥਾਨਕ ਆਗੂਆਂ ਵੱਲੋਂ ਕੇਰਲਾ ਦੇ ਹੜ੍ਹ ਪੀੜਤਾਂ ਵਾਸਤੇ ਇਕੱਠੇ ਕੀਤੀ ਲਗਪਗ 20 ਹਜ਼ਾਰ ਰੁਪਏ ਦੀ ਮਾਇਕ ਮਦਦ ਸ੍ਰੀ ਪਾਸਲਾ ਨੂੰ ਸੌਂਪੀ।

LEAVE A REPLY