ਬਾਦਲਾਂ ਨੇ ਪੰਜਾਬ ਦਾ ਅਬਦਾਲੀ ਤੋਂ ਵੱਧ ਨੁਕਸਾਨ ਕੀਤਾ: ਧਰਮਸੋਤ

0
46
ਮੰਡੀ ਅਹਿਮਦਗੜ੍ਹ/ਲੁਧਿਆਣਾ, 24 ਸਤੰਬਰ

ਮੰਡੀ ਅਹਿਮਦਗੜ੍ਹ ਵਿੱਚ ਕਾਂਗਰਸ ਪਾਰਟੀ ਦੀ ਰੈਲੀ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ

ਪੰਜਾਬ ਸਰਕਾਰ ਦੇ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਬਾਰੇ ਵਿਭਾਗਾਂ ਦੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਪਿਛਲੀ ਅਕਾਲੀ-ਭਾਜਪਾ ਗੱਠਜੋੜ ਸਰਕਾਰ ’ਤੇ ਪੰਜਾਬ ਨੂੰ ਹਰ ਪੱਖੋਂ ਕੰਗਾਲ ਕਰਨ ਦਾ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਜਿੰਨਾ ਨੁਕਸਾਨ ਬਾਦਲ ਪਰਿਵਾਰ ਨੇ ਸਿੱਖਾਂ ਦਾ ਕੀਤਾ ਹੈ ਉਨਾਂ ਤਾਂ ਅਹਿਮਦਸ਼ਾਹ ਅਬਦਾਲੀ ਦੀਆਂ ਫੌਜਾਂ ਨੇ ਨਹੀਂ ਕੀਤਾ। ਸ੍ਰੀ ਧਰਮਸੋਤ ਮੇਲਾ ਛਪਾਰ ਮੌਕੇ ਸਥਾਨਕ ਧੂਲਕੋਟ ਰੋਡ ’ਚ ਕਾਂਗਰਸ ਪਾਰਟੀ ਦੀ ਵਿਸ਼ਾਲ ਕਾਨਫਰੰਸ ਨੂੰ ਸੰਬੋਧਨ ਕਰ ਰਹੇ ਸਨ।
ਸ੍ਰ੍ਰੀ ਧਰਮਸੋਤ ਨੇ ਕਿਹਾ ਕਿ ਅੱਜ ਤੋਂ 10 ਸਾਲ ਪਹਿਲਾਂ ਗੱਲਾਂ ਹੋਇਆ ਕਰਦੀਆਂ ਸਨ ਕਿ ਪੰਜਾਬ ਦਾ ਸਭ ਤੋਂ ਵਧੇਰੇ ਨੁਕਸਾਨ ਅਤਿਵਾਦ ਨੇ ਕੀਤਾ ਪਰ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਵੱਲੋਂ ਆਪਣੇ ਸ਼ਾਸਨ ਕਾਲ ਦੌਰਾਨ ਪੰਜਾਬ ਨੂੰ ਲੁੱਟਣ ਅਤੇ ਪੰਜਾਬੀਆਂ ਨੂੰ ਕੁੱਟਣ ਦੇ ਵਰਤਾਰਿਆਂ ਨਾਲ ਇਹ ਇਤਿਹਾਸ ਹੁਣ ਬਦਲ ਗਿਆ ਹੈ। ਹੁਣ ਲੋਕ ਬਾਦਲ ਪਰਿਵਾਰ ’ਤੇ ਪੰਜਾਬ ਦਾ ਸਭ ਤੋਂ ਵੱਧ ਨੁਕਸਾਨ ਕਰਨ ਦਾ ਦੋਸ਼ ਲਗਾ ਰਹੇ ਹਨ। ਸ੍ਰੀ ਧਰਮਸੋਤ ਨੇ ਕਿਹਾ ਕਿ ਬਾਦਲ ਪਰਿਵਾਰ ਦੀ ਅਗਵਾਈ ਵਾਲੀ ਸਰਕਾਰ ਨੇ ਜਿੱਥੇ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ਵਿੱਚ ਧਕੇਲ ਕੇ ਸੂਬੇ ਦੇ ਸੁਨਹਿਰੀ ਭਵਿੱਖ ਨੂੰ ਤਾਰੋ-ਤਾਰ ਕਰਨ ਦੀ ਕੋਸ਼ਿਸ਼ ਕੀਤੀ, ਉਥੇ ਹੀ ਪੰਜਾਬ ਦੇ ਕੁਦਰਤੀ ਸੋਮਿਆਂ ਅਤੇ ਹਰ ਕਾਰੋਬਾਰ ਨੂੰ ਲੁੱਟਿਆ।
ਉਨ੍ਹਾਂ ਦੋਸ਼ ਲਗਾਇਆ ਸੂਬੇ ਵਿੱਚ ਕਾਲੀਆਂ ਰਾਤਾਂ ਦਾ ਦੌਰ ਲਿਆਉਣ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਵੱਡਾ ਹੱਥ ਸੀ, ਜਿਸ ਨੂੰ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੇ ਮੁੜ ਸੁਨਹਿਰੀ ਦਿਨਾਂ ਵਿੱਚ ਬਦਲਣ ਲਈ ਆਪਣੀ ਸ਼ਹਾਦਤ ਦਿੱਤੀ। ਉਨ੍ਹਾਂ ਦਾਅਵਾ ਕੀਤਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਮੌਜੂਦਾ ਪੰਜਾਬ ਸਰਕਾਰ ਨੇ ਨਾ ਸਿਰਫ਼ ਪਿਛਲੀਆਂ ਸਾਰੀਆਂ ਲੋਕ ਹਿੱਤ ਯੋਜਨਾਵਾਂ ਨੂੰ ਚਾਲੂ ਰੱਖਿਆ ਬਲਕਿ ਇਨ੍ਹਾਂ ਸਹੂਲਤਾਂ ਤਹਿਤ ਮਿਲਣ ਵਾਲੀ ਆਰਥਿਕ ਰਾਸ਼ੀ ’ਚ ਵੀ ਵਾਧਾ ਕੀਤਾ ਹੈ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਪਿਛਲੇ ਡੇਢ ਸਾਲ ਦੌਰਾਨ ਕੀਤੇ ਕਾਰਜਾਂ ਦਾ ਲੇਖਾ ਜੋਖਾ ਵੀ ਭਾਰੀ ਇਕੱਠ ਮੂਹਰੇ ਰੱਖਿਆ।
ਇਸ ਤੋਂ ਪਹਿਲਾਂ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਅਤੇ ਬਰਗਾੜੀ ਘਟਨਾ ਦੇ ਦੋਸ਼ੀਆਂ ਨੂੰ ਪੰਜਾਬ ਸਰਕਾਰ ਵੱਲੋਂ ਜੇਲ੍ਹ ’ਚ ਭੇਜਿਆ ਜਾਵੇਗਾ। ਉਨ੍ਹਾਂ ਭਰੋਸਾ ਦਿੱਤਾ ਕਿ ਕੈਪਟਨ ਸਰਕਾਰ ਵੱਲੋਂ ਇਸ ਮਾਮਲੇ ਦੀ ਪੈਰਵੀ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ ਅਤੇ ਸੀਬੀਆਈ ਤੋਂ ਕੇਸ ਵਾਪਸ ਆਉਂਦੇ ਸਾਰ ਹੀ ਦੋਵੇਂ ਪਿਓ-ਪੁੱਤਰ ਸਲਾਖਾਂ ਪਿੱਛੇ ਹੋਣਗੇ। ਉਨ੍ਹਾਂ ਕਿਹਾ ਕਿ ਪੰਚਾਇਤੀ ਰਾਜ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਮਿਲੀ ਭਾਰੀ ਜਿੱਤ ਨਾਲ ਵਿਰੋਧੀ ਪਾਰਟੀਆਂ ਦਾ ਹੰਕਾਰ ਬੁਰੀ ਤਰ੍ਹਾਂ ਟੁੱਟ ਗਿਆ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਜੋ ਵੀ ਲੋਕ ਨੁਮਾਇੰਦਾ ਜਾਂ ਕਾਂਗਰਸ ਪਾਰਟੀ ਨਾਲ ਸਬੰਧ ਰੱਖਣ ਵਾਲਾ ਕੋਈ ਗਲਤ ਕੰਮ ਕਰੇਗਾ ਤਾ ਉਸ ਨੂੰ ਪਾਰਟੀ ਤੋਂ ਬਾਹਰ ਕੱਢਣ ਦੇ ਨਾਲ-ਨਾਲ ਕਾਨੂੰਨੀ ਕਾਰਵਾਈ ਦਾ ਵੀ ਸਾਹਮਣਾ ਕਰਨਾ ਪਵੇਗਾ। ਕਾਨਫਰੰਸ ਨੂੰ ਹਲਕਾ ਪਾਇਲ ਦੇ ਵਿਧਾਇਕ ਲਖਬੀਰ ਸਿੰਘ ਲੱਖਾ, ਸਾਬਕਾ ਮੰਤਰੀ ਮਲਕੀਤ ਸਿੰਘ ਦਾਖਾ, ਸੀਨੀਅਰ ਕਾਂਗਰਸੀ ਆਗੂ ਮੇਜਰ ਸਿੰਘ ਭੈਣੀ, ਜ਼ਿਲ੍ਹਾ ਕਾਂਗਰਸ (ਦਿਹਾਤੀ) ਪ੍ਰਧਾਨ ਗੁਰਦੇਵ ਸਿੰਘ ਲਾਂਪਰਾ, ਕ੍ਰਿਸ਼ਨ ਕੁਮਾਰ ਬਾਵਾ, ਕਰਨ ਵੜਿੰਗ ਅਤੇ ਮਨਜੀਤ ਸਿੰਘ ਭਰੋਵਾਲ ਨੇ ਵੀ ਸੰਬੋਧਨ ਕੀਤਾ।
ਇਸ ਮੌਕੇ ਵਿਧਾਇਕ ਸੰਜੇ ਤਲਵਾੜ, ਨਗਰ ਨਿਗਮ ਲੁਧਿਆਣਾ ਦੇ ਮੇਅਰ ਬਲਕਾਰ ਸਿੰਘ ਸੰਧੂ, ਜ਼ਿਲ੍ਹਾ ਕਾਂਗਰਸ (ਸ਼ਹਿਰੀ) ਪ੍ਰਧਾਨ ਗੁਰਪ੍ਰੀਤ ਸਿੰਘ ਗੋਗੀ, ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਟਿੱਕਾ ਹਾਜ਼ਰ ਸਨ।

LEAVE A REPLY