ਹੈਪੀ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਲਈ ਜਾਗਰੂਕ ਕੀਤਾ

0
18

ਫ਼ਤਹਿਗੜ੍ਹ ਸਾਹਿਬ, 4 ਨਵੰਬਰ
ਹੈਪੀ ਸੀਡਰ ਪਰਾਲੀ ਨੂੰ ਬਿਨਾਂ ਅੱਗ ਲਗਾਏ ਅਤੇ ਘੱਟ ਲਾਗਤ ਨਾਲ ਕਣਕ ਬੀਜਣ ਦੀ ਤਕਨੀਕ ਹੈ ਜਿਸ ਨਾਲ ਜਿਥੇ ਵਾਤਾਵਰਣ ਪ੍ਰਦੂਸ਼ਣ ਨੂੰ ਠੱਲ ਪੈਂਦੀ ਹੈ ਉਥੇ ਹੀ ਕਿਸਾਨਾਂ ਦਾ ਖਰਚਾ ਵੀ ਘੱਟਦਾ ਹੈ ਤੇ ਫਸਲ ਤੋਂ ਝਾੜ ਵੀ ਵੱਧ ਮਿਲਦਾ ਹੈ। ਇਸ ਤੋਂ ਇਲਾਵਾ ਕਣਕ ਦੀ ਸਿੱਧੀ ਬਿਜਾਈ ਕਰਨ ਨਾਲ ਜ਼ਮੀਨ ਦੇ ਜੈਵਿਕ ਤੇ ਖੁਰਾਕੀ ਤੱਤਾਂ ਵਿੱਚ ਵੀ ਸੁਧਾਰ ਹੁੰਦਾ ਹੈ। ਇਹ ਪ੍ਰਗਟਾਵਾ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਡਿਪਟੀ ਡਾਇਰੈਕਟਰ (ਸਿਖਲਾਈ) ਡਾ. ਵਿਪਨ ਕੁਮਾਰ ਰਾਮਪਾਲ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਰਾਲੀ ਦੀ ਸੁਚੱਜੀ ਸੰਭਾਲ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਸ਼ਮਸ਼ੇਰ ਨਗਰ ਵਿਖੇ ਕਿਸਾਨ ਗੁਰਪ੍ਰੀਤ ਸਿੰਘ ਅਤੇ ਮਨਵਿੰਦਰ ਸਿੰਘ ਦੇ ਖੇਤਾਂ ਵਿੱਚ ਹੈਪੀ ਸੀਡਰ ਨਾਲ ਕਣਕ ਦੀ ਸਿੱਧੀ ਬਿਜਾਈ ਦੀਆਂ ਖੇਤ ਪ੍ਰਦਰਸ਼ਨੀਆਂ ਲਗਾਈਆਂ ਗਈਆਂ।
ਉਨ੍ਹਾਂ ਨੇ ਕਿਸਾਨਾਂ ਨੂੰ ਕੁਦਰਤੀ ਸਰੋਤਾਂ ਨੂੰ ਸੰਭਾਲਣ ਲਈ ਪ੍ਰੇਰਤ ਕਰਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਕਾਰਨ ਵਾਤਾਵਰਣ ਪ੍ਰਦੂਸ਼ਿਤ ਹੋ ਗਿਆ ਹੈ ਅਤੇ ਜੇਕਰ ਇਹ ਇਸੇ ਤਰ੍ਹਾਂ ਜਾਰੀ ਰਿਹਾ ਤਾਂ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਹ ਲੈਣਾ ਵੀ ਔਖਾ ਹੋ ਜਾਵੇਗਾ। ਡਾ. ਰਾਮਪਾਲ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਕਣਕ ਦੀ ਫਸਲ ਦੌਰਾਨ ਮਲਚਿੰਗ ਦਾ ਕੰਮ ਕਰਦੀ ਹੈ ਜਿਸ ਨਾਲ ਖੇਤ ਵਿੱਚ ਨਮੀਂ ਬਰਕਰਾਰ ਰਹਿੰਦੀ ਹੈ ਅਤੇ ਕਣਕ ਦੀ ਫਸਲ ਨੂੰ ਇੱਕ ਸਿੰਚਾਈ ਵੀ ਘੱਟ ਲਗਦੀ ਹੈ। ਇਸ ਮੌਕੇ ਇੰਜਨੀਅਰ ਗੁਰਨਾਜ਼ ਸਿੰਘ ਗਿੱਲ ਨੇ ਦੱਸਿਆ ਕਿ ਇਸ ਵਾਰ ਕਿਸਾਨਾਂ ਨੇ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮੁਹੱਈਆ ਕਰਵਾਈ ਖੇਤੀ ਮਸ਼ੀਨਰੀ ਦੀ ਮਦਦ ਨਾਲ ਪਰਾਲੀ ਨੂੰ ਜ਼ਮੀਨ ਵਿੱਚ ਹੀ ਵਾਹਿਆ ਹੈ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਭਵਿੱਖ ਵਿੱਚ ਵੀ ਕਿਸਾਨਾਂ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਲਈ ਤਿਆਰ ਰਹੇਗਾ। ਇਸ ਮੌਕੇ ਪਿੰਡ ਦੇ ਅਗਾਂਹਵਧੂ ਕਿਸਾਨਾਂ ਨੇ ਦੱਸਿਆ ਕਿ ਪਿੰਡ ਵਿੱਚ ਹੁਣ ਤੱਕ ਲਗਭਗ 150 ਏਕੜ ਤੋਂ ਵੱਧ ਰਕਬੇ ਵਿੱਚ ਹੈਪੀ ਸੀਡਰ ਨਾਲ ਕਣਕ ਦੀ ਬਿਜਾਈ ਕੀਤੀ ਜਾ ਚੁੱਕੀ ਹੈ।

LEAVE A REPLY