ਗਣਤੰਤਰ ਦਿਵਸ: ਚੰਨੀ ਲਹਿਰਾਉਣਗੇ ਫਤਹਿਗੜ੍ਹ ਸਾਹਿਬ ਵਿਚ ਤਿਰੰਗਾ

0
72

ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਡੀਸੀ ਸ਼ਿਵਦੁਲਾਰ ਸਿੰਘ ਢਿੱਲੋ।

ਫਤਹਿਗੜ੍ਹ ਸਾਹਿਬ, 2 ਜਨਵਰੀ
ਡਿਪਟੀ ਕਮਿਸ਼ਨਰ ਸਿਵਦੁਲਾਰ ਸਿੰਘ ਢਿੱਲੋਂ ਨੇ 26 ਜਨਵਰੀ ਨੂੰ ਮਾਤਾ ਗੁਜਰੀ ਕਾਲਜ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਸਬੰਧੀ ਬਚਤ ਭਵਨ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਫਤਹਿਗੜ੍ਹ ਸਾਹਿਬ ਵਿਖੇ ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਪੂਰੀ ਦੇਸ਼ ਭਗਤੀ ਨਾਲ ਗਣਤੰਤਰ ਦਿਵਸ ਸਮਾਰੋਹ ਦੀ ਸ਼ਾਨ ਨੂੰ ਵਧਾਉਣ ਲਈ ਆਪਣੀ ਜ਼ਿੰਮੇਵਾਰੀ ਨਿਭਾਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਮੌਕੇ ਪੰਜਾਬ ਪੁਲੀਸ, ਹੋਮ ਗਾਰਡ, ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਐਨਸੀਸੀ ਕੈਡਿਟ, ਸਕਾਊਟਸ ਅਤੇ ਰੈੱਡ ਕਰਾਸ ਦੀਆਂ ਟੁਕੜੀਆਂ ਮਾਰਚ ਪਾਸਟ ਵਿੱਚ ਹਿੱਸਾ ਲੈਣਗੀਆਂ। ਗਣਤੰਤਰ ਦਿਵਸ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ ਕੀਤਾ ਜਾਵੇਗਾ। ਇਸ ਤੋਂ ਇਲਾਵਾ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਸਭਿਆਚਾਰਕ ਵਿਰਸੇ ਨੂੰ ਦਰਸਾਉਣ ਵਾਲਾ ਰੰਗਾ-ਰੰਗ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਪਰੇਡ ਅਤੇ ਸਭਿਆਚਾਰਕ ਪ੍ਰੋਗਰਾਮ ਦੀ ਫੁੱਲ ਡਰੈੱਸ ਰਿਹਰਸਲ 24 ਜਨਵਰੀ ਨੂੰ ਮਾਤਾ ਗੁਜਰੀ ਕਾਲਜ ਦੇ ਸਟੇਡੀਅਮ ਵਿਖੇ ਹੋਵੇਗੀ। ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਜਸਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਜਗਵਿੰਦਰਜੀਤ ਸਿੰਘ ਸੰਧੂ, ਐਸ.ਪੀ. (ਡੀ) ਹਰਪਾਲ ਸਿੰਘ, ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸੰਜੀਵ ਕੁਮਾਰ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ।

LEAVE A REPLY